ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਲੋਕ ਨਿਰਮਾਣ ਵਿਭਾਗ ਤੇ ਪੰਚਾਇਤੀ ਰਾਜ ਵਿਭਾਗ ਤੋਂ ਹੁਸ਼ਿਆਰਪੁਰ ਦੇ ਸਾਰੇ ਇਲਾਕਿਆਂ ਦੇ ਕਾਜ਼ਵੇਅ ਤੇ ਪੁੱਲੀਆਂ ਦੀ ਕੀ ਸਥਿਤੀ ਹੈ, ਦੀ ਰਿਪੋਰਟ ਮੰਗੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕਾਜ਼ਵੇਅ ਤੇ ਪੁੱਲੀਆਂ ਦੀ ਸਥਿਤੀ ਖਰਾਬ ਹੈ, ਉਨ੍ਹਾਂ ਦੀ ਜ਼ਰੂਰਤ ਦੇ ਹਿਸਾਬ ਨਾਲ ਕੰਮ ਕਰਵਾਇਆ ਜਾਵੇਗਾ, ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਉਹ ਐਤਵਾਰ ਨੂੰ ਹੁਸ਼ਿਆਰਪੁਰ ਦੇ ਪਿੰਡ ਬਿਲਾਸਪੁਰ ਵਿਚ ਵੱਖ-ਵੱਖ ਪਿੰਡਾਂ ਨੂੰ ਜੋੜਨ ਵਾਲੀ ਟੁਟੀ ਹੋਈ ਪੁੱਲੀ ਦਾ ਮੁਆਇਨਾ ਕਰਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਹੈਰਾਨ ਹਨ ਕਿ 2018 ਤੋਂ ਇਸ ਪਿੰਡ ਦੀ ਪੁੱਲੀ ਟੁਟੀ ਹੋਈ ਹੈ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਪਿਛਲੀ ਸਰਕਾਰ ਨੇ ਲੋਕਾਂ ਦੀ ਇਸ ਸਮੱਸਿਆ ਦੀ ਕੋਈ ਸਾਰ ਨਹੀਂ ਲਈ ਸੀ। ਉਨ੍ਹਾਂ ਕਿਹਾ ਕਿ ਲੋਕਾਂ ਦਾ ਕਹਿਣਾ ਹੈ ਕਿ ਪਾਣੀ ਦੇ ਤੇਜ਼ ਵਹਾਅ ਕਾਰਨ ਪੁੱਲੀ ਟੁਟ ਜਾਂਦੀ ਹੈ। ਉਨ੍ਹਾਂ ਨੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਤੁਰੰਤ ਇਸ ਪੁੱਲੀ ਦੇ ਨਿਰਮਾਣ ਲਈ ਇਸ ਦਾ ਰਿਐਸਟੀਮੇਟ ਤਿਆਰ ਕਰਨ। ਉਨ੍ਹਾਂ ਕਿਹਾ ਕਿ ਪੁਲੀ ਦੇ ਨਿਰਮਾਣ ਕਾਰਜ ਵਿਚ ਮਜ਼ਬੂਤੀ ਦਾ ਵਿਸ਼ੇਸ਼ ਧਿਆਨ ਦਿੱਤਾ ਜਾਵੇ।
ਬ੍ਰਮ ਸ਼ੰਕਰ ਜਿੰਪਾ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਪੁੱਲੀ ਦਾ ਜਲਦ ਅਤੇ ਵਧੀਆ ਤਰੀਕੇ ਨਾਲ ਨਿਰਮਾਣ ਕੀਤਾ ਜਾਵੇਗਾ, ਤਾਂ ਜੋ ਪਿੰਡ ਅਤੇ ਇਲਾਕੇ ਦੇ ਲੋਕਾਂ ਨੂੰ ਦੁਬਾਰਾ ਪੁੱਲੀ ਨਿਰਮਾਣ ਨੂੰ ਲੈ ਕੇ ਕੋਈ ਦਿੱਕਤ ਨਾ ਆਵੇ। ਉਨ੍ਹਾਂ ਐਕਸੀਅਨ ਪੰਚਾਇਤੀ ਰਾਜ ਨੂੰ ਨਿਰਦੇਸ਼ ਦਿੱਤੇ ਕਿ ਕੰਮ ਦੀ ਕੁਆਲਟੀ ਵਿਚ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।
