ਜ਼ਿਲ੍ਹੇ ’ਚ ਨਿਰਵਿਘਨ ਕੀਤੀ ਜਾ ਰਹੀ ਕਣਕ ਦੀ ਖਰੀਦ : ਡਿਪਟੀ ਕਮਿਸ਼ਨਰ

Punjab

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਨਿਰਵਿਘਨ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਮੰਡੀਆਂ ਵਿਚ ਫ਼ਸਲ ਵੇਚਣ ਆਏ ਕਿਸਾਨਾਂ ਦੇ ਖਾਤਿਆਂ ਵਿਚ 289.14 ਕਰੋੜ ਰੁਪਏ ਦੀ ਸਿੱਧੀ ਅਦਾਇਗੀ ਹੋ ਚੁੱਕੀ ਹੈ, ਜੋ ਕਿ 98 ਫੀਸਦੀ ਬਣਦੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 188755 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 188447 ਮੀਟ੍ਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵਲੋਂ 55068 ਮੀਟ੍ਰਿਕ ਟਨ, ਮਾਰਕਫੈਡ ਵਲੋਂ 44741, ਪਨਸਪ ਵਲੋਂ 42780, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 25838, ਐਫ.ਸੀ.ਆਈ. ਵਲੋਂ 16523 ਅਤੇ ਵਪਾਰੀਆਂ ਵਲੋਂ 3497 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।


ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿਚ ਕੀਤੇ ਗਏ ਪ੍ਰਬੰਧਾਂ ਤੋਂ ਕਿਸਾਨ ਖੁਸ਼ ਹਨ ਅਤੇ ਉਨ੍ਹਾਂ ਦੀ ਵੇਚੀ ਗਈ ਫ਼ਸਲ ਦੀ ਅਦਾਇਗੀ ਸਿੱਧੇ ਤੌਰ ’ਤੇ ਖਾਤਿਆਂ ਵਿਚ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਬ-ਡਵੀਜ਼ਨ ਪੱਧਰ ’ਤੇ ਐਸ.ਡੀ.ਐਮਜ਼ ਵਲੋਂ ਵੀ ਰੋਜ਼ਾਨਾ ਮੰਡੀਆਂ ਦੀ ਚੈਕਿੰਗ ਯਕੀਨੀ ਬਣਾਈ ਜਾ ਰਹੀ ਹੈ, ਤਾਂ ਜੋ ਕਿਸਾਨਾਂ ਨੂੰ ਫ਼ਸਲ ਵੇਚਣ ਵਿਚ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਖਰੀਦ ਕੀਤੀ ਗਈ ਕਣਕ ਦੀ ਲਿਫਟਿੰਗ 72 ਘੰਟੇ ਦੇ ਅੰਦਰ-ਅੰਦਰ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲਿਫਟਿੰਗ ਦੇ ਕੰਮ ਵਿਚ ਹੋਰ ਤੇਜ਼ੀ ਲਿਆਉਣ ਸਬੰਧੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾ ਚੁੱਕੇ ਹਨ ਅਤੇ ਕਣਕ ਦੀ ਸੰਭਾਲ ਲਈ ਸਾਰੇ ਜ਼ਰੂਰੀ ਪ੍ਰਬੰਧ ਪਹਿਲਾਂ ਤੋਂ ਹੀ ਕਰ ਲਏ ਗਏ ਹਨ। ਕੋਮਲ ਮਿੱਤਲ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਡੀਆ ਵਿਚ ਫ਼ਸਲ ਪੂਰੀ ਤਰ੍ਹਾਂ ਸੁੱਕਾ ਕੇ ਹੀ ਲਿਆਉਣ ਅਤੇ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਫ਼ਸਲ ਦੀ ਕਟਾਈ ਨਾ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸ਼ਾਮ ਸਮੇਂ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਵਾਉਣ ਸਮੇਂ ਕੰਬਾਇਨਾਂ ਸਿਲ੍ਹੀ ਫ਼ਸਲ ਵੀ ਵੱਢ ਦਿੰਦੀਆਂ ਹਨ ਜਿਸ ਨਾਲ ਫ਼ਸਲ ਵਿਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ-ਖੂਹੰਦ ਅਤੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ।

Leave a Reply

Your email address will not be published. Required fields are marked *