ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਲਈ ਰੋਜ਼ਗਾਰ ਦੇ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੋਜ਼ਗਾਰ ਅਫਸਰ ਗੁਰਮੇਲ ਸਿੰਘ ਨੇ ਦੱਸਿਆ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਮੁਫ਼ਤ ਇੰਟਰਨੈੱਟ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਜਿਨ੍ਹਾਂ ਪ੍ਰਾਰਥੀਆਂ ਵੱਲੋਂ ਕੋਈ ਦਾਖਲੇ ਸਬੰਧੀ ਜਾਂ ਨੌਕਰੀ ਸਬੰਧੀ ਅਪਲਾਈ ਕਰਨਾ ਹੁੰਦਾ ਹੈ ਤਾਂ ਉਹ ਪ੍ਰਾਰਥੀ ਮੁਫ਼ਤ ਇੰਟਰਨੈੱਟ ਦੀ ਸਹੂਲਤ ਰਾਹੀਂ ਅਲਪਾਈ ਕਰ ਸਕਦੇ ਹਨ। ਇਸ ਤੋਂ ਇਲਾਵਾ ਜਿਹੜੇ ਪ੍ਰਾਰਥੀ ਭਵਿੱਖ ਦੇ ਕਰੀਅਰ ਸਬੰਧੀ ਜਾਣਕਾਰੀ ਲੈਣੀ ਚਾਹੁੰਦੇ ਹਨ, ਉਨ੍ਹਾਂ ਨੂੰ ਮੁਫ਼ਤ ਕਰੀਅਰ ਕਾਊਂਸਲਿੰਗ ਕੀਤੀ ਜਾਂਦੀ ਹੈ। ਜੋ ਪ੍ਰਾਰਥੀ ਨੌਕਰੀਆਂ ਸਬੰਧੀ ਜਾਣਕਾਰੀ ਪ੍ਰਾਪਤ ਕਰਨੀ ਚਾਹੁੰਦੇ ਹਨ, ਉਨ੍ਹਾਂ ਨੂੰ ਇਸ ਦਫਤਰ ਦੇ ਪਲੇਸਮੈਂਟ ਸੈੱਲ ਦੁਆਰਾ ਨੌਕਰੀਆਂ ਦੇਣ ਦੇ ਉਪਰਾਲੇ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ ਜੋ ਪ੍ਰਾਰਥੀ ਸਵੈ ਰੋਜ਼ਗਾਰ ਸਕੀਮਾਂ ਤਹਿਤ ਲੋਨ ਲੈ ਕੇ ਆਪਣਾ ਕਾਰੋਬਾਰ ਸ਼ੁਰੂ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਸਵੈ ਰੋਜ਼ਗਾਰ ਸਕੀਮਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਇਸ ਦਫਤਰ ਵਿਖੇ ਲੋਨ ਦੇਣ ਵਾਲੇ ਵਿਭਾਗ ਵੱਖੋ—ਵੱਖ ਦਿਨਾਂ ਵਿੱਚ ਰੋਸਟਰ ਅਨੁਸਾਰ ਬੈਠਦੇ ਹਨ ਅਤੇ ਉਨ੍ਹਾਂ ਵੱਲੋਂ ਬਿਊਰੋ ਵਿਖੇ ਵਿਜ਼ਟ ਕਰਨ ਵਾਲੇ ਪ੍ਰਾਰਥੀਆਂ ਨੂੰ ਆਪਣੇ ਵਿਭਾਗ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਸਟਾਫ ਵਲੋਂ ਸਰਕਾਰ ਵੱਲੋਂ ਕਰਵਾਏ ਜਾਂਦੇ ਮੁਫ਼ਤ ਸਕਿੱਲ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਇਸੇ ਤਰ੍ਹਾਂ ਨੌਜਵਾਨ ਰੋਜ਼ਗਾਰ ਬਿਊਰੋ ਦੀ ਰੋਜ਼ਗਾਰ ਮੋਬਾਇਲ ਐਪ ਡੀ ਬੀ ਈ ਈ ਆਨਲਾਈਨ ਗੂਗਲ ਪਲੇਅ ਸਟੋਰ ਰਾਹੀਂ ਡਾਊਨਲੋਡ ਕਰਕੇ ਅਤੇ ਇਸ ਐਪ ਰਾਹੀਂ ਘਰ ਬੈਠੇ ਹੀ ਪ੍ਰਾਈਵੇਟ ਨੌਕਰੀਆਂ ਦੀ ਭਰਤੀ ਅਤੇ ਸਰਕਾਰੀ ਨੌਕਰੀਆਂ ਦੀ ਜਾਣਕਾਰੀ ਲੈ ਸਕਦੇ ਹਨ।
ਜਿਲ੍ਹਾ ਰੋਜ਼ਗਾਰ ਅਫਸਰ ਗੁਰਮੇਲ ਸਿੰਘ ਨੇ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਉਹ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਮ.ਐਸ.ਡੀ.ਸੀ. ਬਿਲਡਿੰਗ, ਪਹਿਲੀ ਮੰਜ਼ਿਲ, ਸਰਕਾਰੀ ਆਈ.ਟੀ.ਆਈ. ਕੰਪਲੈਕਸ, ਜਲੰਧਰ ਰੋਡ, ਹੁਸ਼ਿਆਰਪੁਰ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਵਿਜ਼ਿਟ ਕਰਕੇ ਇਨ੍ਹਾਂ ਸਾਰੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ।