ਡਿਪਟੀ ਕਮਿਸ਼ਨਰ ਨੇ ਭੰਗੀ ਚੋਅ, ਮਹਿੰਗਰੋਵਾਲ ਚੋਅ ਅਤੇ ਨਸਰਾਲਾ ਦਾ ਕੀਤਾ ਦੌਰਾ

Punjab

ਹੁਸ਼ਿਆਰਪੁਰ, 9 ਜੁਲਾਈ : ਪਿਛਲੇ ਕਈ ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿਚ ਜ਼ਮੀਨੀ ਹਾਲਾਤ ਜਾਣਨ ਲਈ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਵੱਖ-ਵੱਖ ਖੇਤਰਾਂ ਦਾ ਦੌਰਾ ਕੀਤਾ ਅਤੇ ਸਬੰਧਤ ਵਿਭਾਗਾਂ ਨੂੰ ਸੰਭਾਵੀ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਉਨ੍ਹਾਂ ਪੰਗੀ ਚੋਅ, ਮਹਿੰਗਰੋਵਾਲ ਚੋਅ ਅਤੇ ਨਸਰਾਲਾ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਐਸ. ਡੀ. ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ ਅਤੇ ਹੋਰ ਅਧਿਕਾਰੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੌਸਮ ਦੀ ਖ਼ਰਾਬੀ ਕਾਰਨ ਜਾਨ-ਮਾਲ ਦਾ ਨੁਕਸਾਨ ਨਾ ਹੋਵੇ, ਇਸ ਲਈ ਜ਼ਿਲ੍ਹਾ ਤੇ ਤਹਿਸੀਲ ਪੱਧਰ ’ਤੇ ਟੀਮਾਂ ਪਹਿਲਾਂ ਤੋਂ ਹੀ ਤਾਇਨਾਤ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ, ਤਾਂ ਜੋ ਇਸ ਕੁਦਰਤੀ ਆਫ਼ਤ ਨਾਲ ਨਜਿੱਠਿਆ ਜਾ ਸਕੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਦਰਿਆਵਾਂ, ਨਹਿਰਾਂ, ਚੋਆਂ ਅਤੇ ਨੀਵੇਂ ਇਲਾਕਿਆਂ ਵਿਚ ਜਾਣ ਤੋਂ ਗੁਰੇਜ਼ ਕਰਨ ਕਿਉਂਕਿ ਡੈਮਾਂ ਤੋਂ ਪਾਣੀ ਛੱਡਿਆ ਜਾ ਰਿਹਾ ਹੈ। ਉਨ੍ਹਾਂ ਨਗਰ ਨਿਗਮ, ਨਗਰ ਕੌਂਸਲਾਂ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ-ਆਪਣੇ ਖੇਤਰਾਂ ਵਿਚ ਪਾਣੀ ਦੀ ਨਿਕਾਸੀ ਦਾ ਯੋਗ ਪ੍ਰਬੰਧ ਕਰਨ ਦੇ ਨਾਲ-ਨਾਲ ਸੰਕਟ ਜਾਂ ਬਚਾਅ ਸਬੰਧੀ ਆਉਣ ਵਾਲੇ ਫੋਨਾਂ ਦਾ ਤੁਰੰਤ ਜਵਾਬ ਦੇ ਕੇ ਲੋਡੀਂਦੀ ਕਾਰਵਾਈ ਯਕੀਨੀ ਬਣਾਉਣ।


ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਾਜ਼ੁਕ ਪੁਆਇੰਟਾਂ ’ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਕੇ ਤੁਰੰਤ ਕਾਰਵਾਈ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਵਿਚ ਜ਼ਿਲ੍ਹਾ ਵਾਸੀਆਂ ਨੂੰ ਪ੍ਰਸ਼ਾਸਨ ਤੋਂ ਬਹੁਤ ਉਮੀਦ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਇਸ ਮੁਸ਼ਕਿਲ ਘੜੀ ਵਿਚ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰਾ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਐਸ. ਡੀ. ਐਮਜ਼ ਨੂੰ ਨੀਵੇਂ ਇਲਕਿਆਂ ਦੀ ਪਹਿਚਾਣ ਕਰਨ ਅਤੇ ਜ਼ਰੂਰੀ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਪਾਵਰ ਸਟੇਸ਼ਨਾਂ ਅਤੇ ਹੋਰਨਾਂ ਅਜਿਹੀਆਂ ਐਮਰਜੈਂਸੀ ਸੇਵਾਵਾਂ ਨੂੂੰ ਪਹਿਲ ਦੇ ਆਧਾਰ ’ਤੇ ਪਾਣੀ ਤੋਂ ਮੁਕਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਮੋਬਾਈਲ 24 ਘੰਟੇ ਚਾਲੂ ਰੱਖਣ ਅਤੇ ਪੂਰੀ ਲਗਨ ਨਾਲ ਆਪਣੀ ਜਿੰਮੇਵਾਰੀ ਨਿਭਾਉਣ।

Leave a Reply

Your email address will not be published. Required fields are marked *