ਡਿਪਟੀ ਕਮਿਸ਼ਨਰ ਵੱਲੋਂ ਪ੍ਰਾਈਵੇਟ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦੇ ਮਹੀਨਾਵਾਰ ਨਿਰੀਖਣ ਦੀਆਂ ਹਦਾਇਤਾਂ

Punjab

ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਅੱਜ ਜ਼ਿਲ੍ਹੇ ਵਿੱਚ ਚੱਲ ਰਹੇ ਓਟ ਕਲੀਨਿਕਾਂ, ਨਸ਼ਾ ਛੁਡਾਊ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਸਬੰਧਤ ਅਧਿਕਾਰੀਆਂ ਨੂੰ ਪ੍ਰਾਈਵੇਟ ਨਸ਼ਾ ਛੁਡਾਊ ਸੈਂਟਰਾਂ ਅਤੇ ਮੁੜ ਵਸੇਬਾ ਕੇਂਦਰਾਂ ਦੇ ਮਹੀਨਾਵਾਰ ਨਿਰੀਖਣ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ।

               ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਸੁਸਾਇਟੀ ਦੀ ਗਵਰਨਿੰਗ ਬਾਡੀ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਸਾਰੇ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰਾਂ ਦਾ ਹਰ ਮਹੀਨੇ ਨਿਰੀਖਣ ਕੀਤਾ ਜਾਵੇ ਤਾਂ ਜੋ ਉਥੇ ਨਸ਼ਾ ਪੀੜਤ ਮਰੀਜ਼ਾਂ ਲਈ ਲੋੜੀਂਦੀਆਂ ਦਵਾਈਆਂ ਸਮੇਤ ਹੋਰ ਇਲਾਜ ਸਹੂਲਤਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਹਦਾਇਤ ਕੀਤੀ ਕਿ ਇਨ੍ਹਾਂ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਇਲਾਜ ਲਈ ਦਾਖ਼ਲ ਹੋਣ ਵਾਲੇ ਮਰੀਜ਼ਾਂ ਦਾ ਢੁੱਕਵਾਂ ਰਿਕਾਰਡ ਰੱਖਣ ਦੇ ਨਾਲ-ਨਾਲ ਇਸ ਸਬੰਧੀ ਮਹੀਨਾਵਾਰ ਰਿਪੋਰਟ ਸੁਸਾਇਟੀ ਨੂੰ ਭੇਜਣੀ ਯਕੀਨੀ ਬਣਾਈ ਜਾਵੇ।

               ਨਸ਼ਾ ਪੀੜਤ ਮਰੀਜ਼ਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਠੋਸ ਉਪਰਾਲੇ ਕਰਨ ’ਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਵਿਖੇ ਅਜਿਹੇ ਮਰੀਜ਼ਾਂ ਨੂੰ ਕਾਊਂਸਲਿੰਗ ਪ੍ਰਦਾਨ ਕਰਨ ਦੇ ਨਾਲ-ਨਾਲ ਯੋਗਾ, ਐਰੋਬਿਕਸ ਅਤੇ ਖੇਡਾਂ ਵੱਲ ਉਤਸ਼ਾਹਿਤ ਕਰਨ ਦੇ ਉਪਰਾਲੇ ਕੀਤੇ ਜਾਣ। ਨਸ਼ਾ ਪੀੜਤ ਮਰੀਜ਼ਾਂ ਨੂੰ ਯੋਗ ਅਭਿਆਸ ਕਰਵਾਉਣ ਲਈ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਜ਼ਿਲ੍ਹਾ ਆਯੂਰਵੇਦਿਕ ਅਤੇ ਯੂਨਾਨੀ ਦਫ਼ਤਰ ਨਾਲ ਤਾਲਮੇਲ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ, ਜਿਸ ਦੇ ਲਈ ਜ਼ਿਲ੍ਹੇ ਦੇ ਸਕੂਲਾਂ ਤੇ ਕਾਲਜਾਂ ਵਿੱਚ ਨਿਯਮਿਤ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣ ਤਾਂ ਜੋ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰੱਖਿਆ ਜਾ ਸਕੇ।

               ਡਿਪਟੀ ਕਮਿਸ਼ਨਰ ਵੱਲੋਂ ਇਸ ਦੌਰਾਨ ਜ਼ਿਲ੍ਹੇ ਵਿੱਚ ਚੱਲ ਰਹੇ ਓਟ ਕਲੀਨਿਕਾਂ, ਨਸ਼ਾ ਛੁਡਾਊ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰਾਂ ਵਿਖੇ ਨਸ਼ਾ ਪੀੜਤ ਮਰੀਜ਼ਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਇਲਾਜ ਸਹੂਲਤਾਂ ਦਾ ਵੀ ਜਾਇਜ਼ਾ ਲਿਆ ਗਿਆ।

ਸਿਵਲ ਸਰਜਨ ਅਤੇ ਮੈਡੀਕਲ ਸੁਪਰਡੰਟ ਡਾ. ਰਾਜੀਵ ਸ਼ਰਮਾ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਯੋਤੀ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ 31 ਓਟ ਕਲੀਨਿਕਾਂ ਦੇ ਨਾਲ-ਨਾਲ ਸਿਵਲ ਹਸਪਤਾਲ ਵਿਖੇ 50 ਬਿਸਤਰਿਆਂ ਵਾਲਾ ਅਤੇ ਕਮਿਊਨਿਟੀ ਹੈਲਥ ਸੈਂਟਰ ਨੂਰਮਹਿਲ ਵਿਖੇ 10 ਬਿਸਤਰਿਆਂ ਵਾਲਾ ਨਸ਼ਾ ਛੁਡਾਊ ਕੇਂਦਰ ਚਲਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਪਿੰਡ ਸ਼ੇਖੇ ਵਿਖੇ ਸਥਿਤ ਮੁੜ ਵਸੇਬਾ ਕੇਂਦਰ ਵਿਖੇ ਵੀ ਨਸ਼ਾ ਪੀੜਤ ਮਰੀਜ਼ਾਂ ਨੂੰ ਮੁਫ਼ਤ ਇਲ਼ਾਜ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਚੱਲ ਰਹੇ ਸਰਕਾਰੀ ‘ਓਟ’ ਕਲੀਨਿਕਾਂ ਵਿੱਚ ਨਸ਼ਿਆਂ ਦੀ ਅਲਾਮਤ ਦਾ ਸ਼ਿਕਾਰ ਕਰੀਬ 17,591 ਮਰੀਜ਼ਾਂ ਨੂੰ ਰਜਿਸਟਰਡ ਕਰਕੇ ਉਨ੍ਹਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨਸ਼ਾ ਪੀੜਤ ਮਰੀਜ਼ਾਂ ਨੂੰ ਸਨ ਫਾਊਂਡੇਸ਼ਨ ਦੇ ਸਹਿਯੋਗ ਨਾਲ ਮੁੜ ਵਸੇਬਾ ਕੇਂਦਰ ਸ਼ੇਖੇ ਵਿਖੇ ਵੋਕੇਸ਼ਨਲ ਟ੍ਰੇਨਿੰਗ ਵੀ ਪ੍ਰਦਾਨ ਕੀਤੀ ਜਾ ਰਹੀ ਹੈ ਤਾਂ ਜੋ ਉਹ ਠੀਕ ਹੋਣ ਉਪਰੰਤ ਰੋਜ਼ਗਾਰ ਦੇ ਸਮਰੱਥ ਹੋ ਸਕਣ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਓਟ ਕਲੀਨਿਕ ਵਿਖੇ ਆਉਣ ਵਾਲੇ ਨਸ਼ਾ ਪੀੜਤ ਮਰੀਜ਼ਾਂ ਲਈ ਵੀ ਵੋਕੇਸ਼ਨਲ ਟ੍ਰੇਨਿੰਗ ਲਈ ਉਪਰਾਲੇ ਕਰਨ ਦੀਆਂ ਹਦਾਇਤਾਂ ਦਿੱਤੀਆਂ। ਇਸ ਮੌਕੇ ਸਹਾਇਕ ਕਮਿਸ਼ਨਰ (ਯੂ.ਟੀ.) ਮੇਜਰ ਡਾ. ਇਰਵਿਨ ਕੌਰ, ਡਾ.ਅਮਨ ਸੂਦ ਆਦਿ ਮੌਜੂਦ ਸਨ।

Leave a Reply

Your email address will not be published. Required fields are marked *