ਸਾਰੇ ਵਿਭਾਗ ਸਰਕਾਰੀ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ : ਬ੍ਰਮ ਸ਼ੰਕਰ ਜਿੰਪਾ

Hoshiarpur Punjab

– ਕੈਬਨਿਟ ਮੰਤਰੀ ਜਿੰਪਾ ਅਤੇ ਡਿਪਟੀ ਸਪੀਕਰ ਰੌੜੀ ਦੀ ਮੌਜੂਦਗੀ ਵਿਚ ਵਿਧਾਇਕਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ  ਹੋਈ ਮੀਟਿੰਗ

ਹੁਸ਼ਿਆਰਪੁਰ, ਜਨਵਰੀ 2024 (ਪੰਚਾਇਤ ਬਾਣੀ)- ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਹਾਜ਼ਰੀ ਵਿਚ ਵਿਧਾਇਕਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੀਟਿੰਗ ਹੋਈ, ਜਿਸ ਵਿਚ ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ, ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ.ਐਸ.ਪੀ ਸੁਰਿੰਦਰ ਲਾਂਬਾ ਵੀ ਹਾਜ਼ਰ ਸਨ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਤੇ ਡਿਪਟੀ ਸਪੀਕਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਹਿੱਤਾਂ ਲਈ ਕਈ ਸਕੀਮਾਂ ‘ਤੇ ਕੰਮ ਕਰ ਰਹੀ ਹੈ, ਇਸ ਲਈ ਸਮੂਹ ਵਿਭਾਗਾਂ ਦੇ ਮੁਖੀ ਇਹ ਯਕੀਨੀ ਬਣਾਉਣ ਕਿ ਇਨ੍ਹਾਂ ਸਕੀਮਾਂ ਨੂੰ ਲੋਕਾਂ ਤੱਕ ਜ਼ਮੀਨੀ ਪੱਧਰ ‘ਤੇ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਵੱਲੋਂ ਨਿਗਰਾਨੀ ਰੱਖੀ ਜਾ ਰਹੀ ਹੈ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਸਰਕਾਰ ਦੇ ਲਾਭ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਇਸ ਲਈ ਆਪਸੀ ਤਾਲਮੇਲ ਦੀ ਬਹੁਤ ਲੋੜ ਹੈ। ਇਸ ਲਈ ਜ਼ਿਲ੍ਹਾ ਹੈੱਡਕੁਆਰਟਰ ਤੋਂ ਲੈ ਕੇ ਸਬ-ਡਵੀਜ਼ਨ ਪੱਧਰ ਤੱਕ ਦੇ ਸਾਰੇ ਅਧਿਕਾਰੀ ਸਰਕਾਰ ਦੀਆਂ ਹਦਾਇਤਾਂ ਦੀ ਗੰਭੀਰਤਾ ਨਾਲ ਪਾਲਣਾ ਕਰਨ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਨ੍ਹਾਂ ਨੂੰ ਸਾਰੀਆਂ ਸਹੂਲਤਾਂ ਸਮਾਂਬੱਧ ਢੰਗ ਨਾਲ ਮਿਲ ਸਕਣ। ਉਨ੍ਹਾਂ ਜ਼ਿਲ੍ਹਾ ਪੁਲਿਸ ਨੂੰ ਜ਼ੁਰਮ ਨੂੰ ਠੱਲ੍ਹ ਪਾਉਣ ਅਤੇ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਹੋਰ ਸਖ਼ਤੀ ਨਾਲ ਕੰਮ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਉਹ ਹੁਸ਼ਿਆਰਪੁਰ ਨੂੰ ਅਪਰਾਧ ਮੁਕਤ ਬਣਾਉਣ ਲਈ ਕੰਮ ਕਰਨ ਅਤੇ ਜ਼ਿਲ੍ਹਾ ਵਾਸੀਆਂ ਨੂੰ ਭੈਅ ਮੁਕਤ ਮਾਹੌਲ ਪ੍ਰਦਾਨ ਕਰਨ। ਇਸ ਦੌਰਾਨ ਵਿਧਾਇਕਾਂ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪੋ-ਆਪਣੇ ਸਬ ਡਵੀਜ਼ਨਾਂ ਵਿਚ ਆਪਸੀ ਤਾਲਮੇਲ ਨਾਲ ਕੰਮ ਕਰਨ ਤਾਂ ਜੋ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾ ਸਕੇ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੰਭੀਰਤਾ ਨਾਲ ਪਾਲਣਾ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਐਸ.ਐਸ.ਪੀ ਹੁਸ਼ਿਆਰਪੁਰ ਸੁਰਿੰਦਰ ਲਾਂਬਾ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦਿਨ-ਰਾਤ ਇਕ ਕਰ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪਰਾਧ ਮੁਕਤ ਅਤੇ ਭੈਅ-ਮੁਕਤ ਮਾਹੌਲ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਇਸ ਸਬੰਧੀ ਥਾਣਾ ਪੱਧਰ ‘ਤੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ ਅਤੇ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਪੰਜਾਬ ਐਸ.ਸੀ. ਵਿਕਾਸ ਤੇ ਵਿੱਤ ਨਿਗਮ ਦੇ ਚੇਅਰਮੈਨ ਹਰਮਿੰਦਰ ਸਿੰਘ ਸੰਧੂ, ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਉਪ ਚੇਅਰਮੈਨ ਹਰਮਿੰਦਰ ਸਿੰਘ ਬਕਸ਼ੀ, ਪੰਜਾਬ ਰਾਜ ਕਾਨਵੇਅਰ ਦੇ ਡਾਇਰੈਕਟਰ ਗੁਰਬਿੰਦਰ ਸਿੰਘ ਪਾਬਲਾ, ਪੰਜਾਬ ਗਊ ਸੇਵਾ ਕਮਿਸ਼ਨ ਦੇ ਮੈਂਬਰ ਜਸਪਾਲ ਸਿੰਘ ਚੇਚੀ, ਕਮਿਸ਼ਨਰ ਨਗਰ ਨਿਗਮ ਜੋਤੀ ਬਾਲਾ ਮੱਟੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ)  ਬਲਰਾਜ ਸਿੰਘ, ਆਈ.ਏ.ਐਸ. ਦਿਵਿਆ ਪੀ, ਐਸ.ਡੀ.ਐਮ ਗੜ੍ਹਸ਼ੰਕਰ ਸ਼ਿਵਰਾਜ ਸਿੰਘ ਬੱਲ, ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਐਸ.ਡੀ.ਐਮ ਟਾਂਡਾ ਵਿਓਮ ਭਾਰਦਵਾਜ, ਐਸ.ਡੀ.ਐਮ. ਮੁਕੇਰੀਆਂ ਅਸ਼ੋਕ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *