ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸੂਬੇ ਦੀਆਂ ਸੜਕਾਂ ਦੀ ਕਾਇਆ ਕਲਪ ਕਰਨਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ ਹੈ। ਪੰਜਾਬ ਸਰਕਾਰ ਸੂਬੇ ਦੀਆਂ ਸੜਕਾਂ ਦੇ ਨੈਟਵਰਕ ਨੂੰ ਮਜ਼ਬੂਤ ਕਰਨ ਲਈ ਬਹੁਤ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਅਤੇ ਰਾਜ ਵਿਚ ਕੋਈ ਵੀ ਬਲੈਕ ਸਪਾਟ ਨਹੀਂ ਛੱਡਿਆ ਜਾਵੇਗਾ। ਉਹ ਅੱਜ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਰੋੜੀ ਦੀ ਮੌਜੂਦਗੀ ਵਿਚ ਗੜ੍ਹਸ਼ੰਕਰ ਦੇ ਅੱਡਾ ਝੁੰਗੀਆਂ ਵਿਚ 14.32 ਕਰੋੜ ਰੁਪਏ ਦੀ ਲਾਗਤ ਨਾਲ 16.40 ਕਿਲੋਮੀਟਰ ਲੰਬੀ ਬਣਨ ਵਾਲੀ ਗੜ੍ਹਸ਼ੰਕਰ-ਸੰਤੋਖਗੜ੍ਹ ਸੜਕ ਨੂੰ ਮਜ਼ਬੂਤ ਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਕਰਮਜੀਤ ਕੌਰ, ਐਸ.ਡੀ.ਐਮ. ਪ੍ਰੀਤਇੰਦਰ ਸਿੰਘ ਬੈਂਸ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।
ਲੋਕ ਨਿਰਮਾਣ ਮੰਤਰੀ ਨੇ ਇਸ ਦੌਰਾਨ ਦੱਸਿਆ ਕਿ ਇਹ ਸੜਕ ਪੰਜਾਬ ਤੇ ਹਿਮਾਚਲ ਪ੍ਰਦੇਸ਼ ਨੂੰ ਆਪਸ ਵਿਚ ਜੋੜਦੀ ਹੈ ਅਤੇ ਯਾਤਰੀਆਂ ਤੇ ਵਪਾਰੀਆਂ ਦੇ ਦ੍ਰਿਸ਼ਟੀਕੋਣ ਤੋਂ ਇਹ ਸੜਕ ਕਾਫ਼ੀ ਮਹੱਤਵਪੂਰਨ ਹੈ। ਉਲ੍ਹਾਂ ਕਿਹਾ ਕਿ ਇਸ ਸੜਕ ਦੀ 16.40 ਕਿਲੋਮੀਟਰ ਲੰਬਾਈ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਪੈਂਦੀ ਹੈ, ਇਸ ਤੋਂ ਅੱਗੇ ਇਹ ਸੜਕ ਹਿਮਾਚਲ ਪ੍ਰਦੇਸ਼
ਦੇ ਸੰਤੋਖਗੜ੍ਹ, ਊਨਾ, ਨੰਗਲ ਡੈਮ ਆਦਿ ਨੂੰ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਹ ਧਾਰਮਿਕ ਅਸਥਾਨ ਮਾਤਾ ਨੈਣਾ ਦੇਵੀ ਜੀ, ਪੀਰ ਨਿਗਾਹਾ, ਬਾਬਾ ਬਾਲਕ ਨਾਥ ਜੀ, ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ ਅਤੇ ਅੱਗੇ ਮਨਾਲੀ, ਰੋਹਤਾਂਗ, ਮਨੀਕਰਨ ਆਦਿ ਸਥਾਨਾਂ ਨੂੰ ਜੋੜਦੀ ਹੈ। ਉਨ੍ਹਾਂ ਕਿਹਾ ਕਿ ਭਾਰੀ ਗਿਣਤੀ ਵਿਚ ਸ਼ਰਧਾਲੂ ਅਤੇ ਸੈਲਾਨੀ ਇਸ ਸੜਕ ਰਾਹੀਂ ਆਉਂਦੇ-ਜਾਂਦੇ ਹਨ। ਇਸ ਤੋਂ ਇਲਾਵਾ ਮਾਈਨਿੰਗ, ਸੀਮੈਂਟ ਦੇ ਡੰਪ ਅਤੇ ਉਦਯਗਿਕ ਇਕਾਈਆਂ ਲਈ ਭਾਰੀ ਵਾਹਨ ਵੀ ਇਸੇ ਸੜਕ ਰਾਹੀਂ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਇਲਾਕਿਆਂ ਤੱਕ ਸਮਾਨ ਦੀ ਢੋਆ-ਢੁਆਈ ਇਸ ਸੜਕ ਰਾਹੀਂ ਹੀ ਹੁੰਦੀ ਹੈ। ਇਸ ਸੜਕ ਦੀ ਆਖਰੀ ਵਾਰ ਮੁਰੰਮਤ ਅਗਸਤ 2015 ਨੂੰ ਹੋਈ ਸੀ ਅਤੇ ਹੁਣ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਦੀ ਸਾਰ ਲਈ ਹੈ। ਉਲ੍ਹਾਂ ਕਿਹਾ ਕਿ 31 ਦਸੰਬਰ 2023 ਤੱਕ ਇਸ ਸੜਕ ਦੀ ਮੁਰੰਮਤ ਦਾ ਕੰਮ ਪੂਰਾ ਕਰ ਲਿਆ ਜਾਵੇਗਾ।
ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਜਲਦ ਹੀ ਮਾਹਿਲਪੁਰ-ਫਗਵਾੜਾ ਰੋਡ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਮਹੱਤਵਪੂਰਨ ਸੜਕ ਮਾਹਿਲਪੁਰ ਤੋਂ ਜੇਜੋਂ ਅਤੇ ਅੱਗੇ ਹਿਮਾਚਲ ਪ੍ਰਦੇਸ਼ ਨੂੰ ਆਪਸ ਵਿਚ ਜੋੜਦੀ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੀ ਖਸਤਾ ਹਾਲਤ ਨੂੰ ਠੀਕ ਕਰਨ ਲਈ ਕਾਫ਼ੀ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਇਲਾਕੇ ਦੇ ਨੁਮਾਇੰਦੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਰੋੜੀ ਦੇ ਯਤਨਾਂ ਨਾਲ ਨਾਬਾਰਡ ਰਾਈਡ ਸਕੀਮ ਵਿਚ 11.25 ਕਰੋੜ ਰੁਪਏ ਨਾਲ ਮਨਜ਼ੂਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੀ ਟੈਂਡਰਿੰਗ ਪ੍ਰਕਿਰਿਆ ਪ੍ਰਗਤੀ ਅਧੀਨ ਹੈ ਅਤੇ ਅਪ੍ਰੈਲ 2023 ਤੱਕ ਇਸ ਦੀ ਸਪੈਸ਼ਲ ਰਿਪੋਰਟ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿਚ ਬਿਜਲੀ ਦੀ ਸਥਿਤੀ ਕਾਫ਼ੀ ਮਜ਼ਬੂਤ ਹੈ ਅਤੇ ਪੰਜਾਬ ਸਰਕਾਰ ਨੇ ਆਪਣੀ ਗਰੰਟੀ ਨੂੰ ਪੂਰਾ ਕਰਦੇ ਹੋਏ ਲੋਕਾਂ ਤੱਕ 600 ਯੂਨਿਟ ਮੁਫ਼ਤ ਬਿਜਲੀ ਪਹੁੰਚਾਈ ਹੈ, ਜਿਸ ਦੇ ਚੱਲਦਿਆਂ ਮੌਜੂਦ ਸਮੇਂ ਵਿਚ ਸੂਬੇ ਦੇ 90 ਫੀਸਦੀ ਲੋਕਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ।
ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਰੋੜੀ ਨੇ ਲੋਕ ਨਿਰਮਾਣ ਮੰਤਰੀ ਦੇ ਇਸ ਉਪਰਾਲੇ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਲਾਕੇ ਵਿਚ ਉਨ੍ਹਾਂ ਦੇ ਯਤਨਾਂ ਨਾਲ ਦੋ ਸੜਕਾਂ ਦਾ ਨਿਰਮਾਣ ਕੰਮ ਮਨਜ਼ੂਰ ਹੋਇਆ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਦੀ ਹਰ ਮੰਗ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਹੈ।