ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਕਮੇਟੀ ਬਾਜ਼ਾਰ ਹੁਸ਼ਿਆਰਪੁਰ ਦਾ ਦੌਰਾ ਕਰਦੇ ਹੋਏ ਘਟਨਾ ਵਾਲੀ ਜਗ੍ਹਾ ਦਾ ਜਾਇਜ਼ਾ ਲਿਆ, ਜਿਥੇ ਪਿਛਲੇ ਦਿਨੀਂ ਇਕ ਓਵਰਲੋਡ ਟਰਾਲੀ ਪਲਟ ਗਈ ਸੀ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਹਾਦਸੇ ਵਿਚ ਜ਼ਖਮੀ ਵਿਅਕਤੀਆਂ ਨੂੰ ਇਲਾਜ ਲਈ 2 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਇਸ ਦੌਰਾਨ ਜ਼ਿਲ੍ਹਾ ਪੁਲਿਸ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਉਹ ਯਕੀਨੀ ਬਣਾਉਣ ਕਿ ਓਵਰਲੋਡ ਵਾਹਨ ਸੜਕਾਂ ’ਤੇ ਨਾ ਚੱਲਣ ਦੇਣ ਅਤੇ ਵਿਸ਼ੇਸ਼ ਕਰਕੇ ਇਸ ਤਰ੍ਹਾਂ ਦੇ ਵਾਹਨ ਬਾਜ਼ਾਰਾਂ ਵਿਚ ਬਿਲਕੁਲ ਨਾ ਆਉਣ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈਜ਼ ਨੂੰ ਵੀ ਨਿਰਦੇਸ਼ ਦਿੱਤੇ ਹਨ ਕਿ ਉਹ ਜਾਂਚ ਕਰਵਾਉਣ ਕਿ ਵਿਭਾਗ ਵਲੋਂ ਓਵਰਲੋਡ ਟਰਾਲੀ ਕਿਉਂ ਭੇਜੀ ਗਈ ਸੀ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਥਾਵਾਂ ’ਤੇ ਕਮਜ਼ੋਰ ਪੁੱਲੀਆਂ ਅਤੇ ਸੀਵਰੇਜ਼ ਦੇ ਮੇਨ ਹੋਲ ਦੀ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕਮੇਟੀ ਬਾਜ਼ਾਰ ਦੀ ਸੜਕ ਨਿਰਮਾਣ ਦੇ ਮੁੱਦੇ ’ਤੇ ਗੰਭੀਰਤਾ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾਂ ਨੇ ਬਾਜ਼ਾਰ ਦੇ ਦੁਕਾਨਦਾਰਾਂ ਅਤੇ ਨਿਵਾਸੀਆਂ ਨੂੰ ਵਿਸ਼ਵਾਸ਼ ਦੁਆਇਆ ਕਿ ਪੰਜਾਬ ਸਰਕਾਰ ਪੂਰੀ ਪਾਰਦਰਸ਼ਤਾ ਅਤੇ ਨਿਰਪਖਤਾ ਨਾਲ ਕੰਮ ਕਰ ਰਹੀ ਹੈ ਅਤੇ ਗਲਤ ਕੰਮ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆਂ ਨਹੀਂ ਜਾਵੇਗਾ। ਇਸ ਮੌਕੇ ਕੌਂਸਲਰ ਪ੍ਰਦੀਪ ਬਿਟੂ, ਵਿਜੇ ਅਗਰਵਾਲ ਤੋਂ ਇਲਾਵਾ ਰਣਜੀਤ ਰਾਣਾ ਅਤੇ ਹੋਰ ਲੋਕ ਵੀ ਮੌਜੂਦ ਸਨ।