ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਪੰਜਾਬ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਤੇ ਅਮਰਜੀਤ ਸਿੰਘ ਭੁੱਲਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੀ ਅਗਵਾਈ ਹੇਠ ਅੱਜ ਮੰਜੂ ਬਾਲਾ ਸੀ.ਡੀ.ਪੀ.ਓ. ਹੁਸ਼ਿਆਰਪੁਰ ਦੀ ਟੀਮ ਵਲੋਂ ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ ਅਤੇ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚਲੇ ਵੱਖ-ਵੱਖ ਦਫ਼ਤਰਾਂ ਦੇ ਬਾਹਰ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਦਾ ਸੁਨੇਹਾ ਦਿੰਦੇ ਜਾਗਰੂਕਤਾ ਸਟਿੱਕਰ ਲਗਾਏ ਗਏ। ਇਸ ਮੌਕੇ ਸੀ.ਡੀ.ਪੀ.ਓ.ਮੰਜੂ ਬਾਲਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਰਹਿਨੁਮਾਈ ਹੇਠ ਜ਼ਿਲ੍ਹੇ ਵਿਚਂ 18 ਜਨਵਰੀ ਤੋਂ 24 ਜਨਵਰੀ ਤੱਕ ਕੌਮੀ ਬਾਲੜੀ ਹਫ਼ਤਾ ਮਨਾਉਣ ਹਿੱਤ ਵੱਖ-ਵੱਖ ਪ੍ਰੋਗਰਾਮ ਉਲੀਕੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤਹਿਤ ਰੋਜ਼ਾਨਾ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਹਫਤੇ ਦੌਰਾਨ ਲੜਕੀਆਂ ਦੀ ਲੋਹੜੀ ਪਾਈ ਜਾਵੇਗੀ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ, Çਲੰਗ ਅਨੁਪਾਤ ਵਿਚ ਸੁਧਾਰ ਲਿਆਉਣ, ਕਿਸ਼ੋਰ ਲੜਕੀਆਂ ਨੂੰ ਕਿੱਤਾ ਮੁਖੀ ਸਿਖਲਾਈ ਦੇ ਕੇ ਜ਼ਿੰਦਗੀ ਦੇ ਯੋਗ ਬਣਾਉਣ ਬਾਰੇ ਜਾਰਗੂਕਤਾ ਪੈਦਾ ਕੀਤੀ ਜਾਵੇਗੀ। ਇਸੇ ਤਰ੍ਹਾਂ ਲੜਕੀਆਂ ਨੂੰ ਖੇਡਾਂ ਲਈ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਪੋਸਟਰ ਮੇਕਿੰਗ, ਸਲੋਗਨ ਲਿਖਣ ਅਤੇ ਦੀਵਾਰ ’ਤੇ ਪੇਟਿੰਗ ਆਦਿ ਮੁਕਾਬਲੇ ਕਰਵਾਏ ਜਾਣਗੇ। ਬੇਟੀ ਬਚਾਓ-ਬੇਟੀ ਪੜ੍ਹਾਓ ਮੁਹਿੰਮ ਨੂੰ ਉਤਸ਼ਾਹਿਤ ਕਰਨ ਲਈ ਕਮਿਊਨਿਟੀ ’ਤੇ ਅਧਾਰਤ ਮੀਟਿੰਗਾਂ ਕੀਤੀਆਂ ਜਾਣਗੀਆਂ, ਜਿਸ ਵਿਚ ਲੋਕਲ ਤੇ ਧਾਰਮਿਕ ਆਗੂਆਂ ਨੂੰ ਸ਼ਾਮਿਲ ਕੀਤਾ ਜਾਵੇਗਾ ਅਤੇ ਬਾਲ ਵਿਆਹ ਕੁਰੀਤੀ ਨੂੰ ਖਤਮ ਕਰਨ ਲਈ ਮੁਹਿੰਮ ਚਲਾਈ ਜਾਵੇਗੀ, ਤਾਂ ਜੋ ਸਮਾਜ ਵਿਚ ਲੜਕੀਆਂ ਨੂੰ ਹਰ ਖੇਤਰ ਵਿਚ ਬਰਾਬਰ ਮੌਕੇ ਮਿਲ ਸਕਣ।