ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਵਲੋਂ ਅੱਜ ਕੇਦਰੀ ਜੇਲ੍ਹ, ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੀ ਉਨ੍ਹਾਂ ਦੇ ਨਾਲ ਸਨ। ਇਸ ਦੌਰਾਨ ਉਨ੍ਹਾਂ ਵਲੋਂ ਕੇਂਦਰੀ ਜੇਲ੍ਹ ਵਿਚ ਬੰਦ ਹਵਾਲਾਤੀਆਂ ਦੀਆ ਬੈਰਕਾਂ ਵਿਚ ਜਾ ਕੇ ਉਨ੍ਹਾਂ ਦੀਆਂ ਮ਼ਸਕਲਾਂ ਸੁਣੀਆਂ ਗਈਆਂ ਅਤੇ ਨਾਲ ਹੀ ਉਨ੍ਹਾਂ ਦੀ ਸਿਹਤ ਪੱਖੋਂ ਵੀ ਜਾਣਕਾਰੀ ਲਈ ਗਈ। ਇਸ ਦੇ ਨਾਲ ਹੀ ਉਨ੍ਹਾਂ ਵਲੋਂ ਜੇਲ੍ਹ ਅੰਦਰ ਕੈਦੀਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਸਬੰਧੀ ਰਸੋਈ ਘਰ ਦਾ ਜਾਇਜ਼ਾ ਵੀ ਲਿਆ ਗਿਆ।
ਇਸ ਤੋਂ ਇਲਾਵਾ ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਦੇ ਨਿਰਦੇਸ਼ਾਂ ਤਹਿਤ ਅੱਜ ਕੇਂਦਰੀ ਜੇਲ੍ਹ ਵਿਖੇ ਮੈਡੀਕਲ ਕੈਂਪ ਵੀ ਲਗਾਇਆ ਗਿਆ। ਇਸ ਮੌਕੇ ਸਿਵਲ ਹਸਪਤਾਲ ਦੀ ਮੈਡੀਕਲ ਟੀਮ ਵਲੋਂ ਜੇਲ੍ਹ ਵਿਚ ਬੰਦ ਹਵਾਲਾਤੀਆਂ / ਕੈਦੀਆਂ ਦੀ ਮੁਫ਼ਤ ਡਾਕਟਰੀ ਜਾਂਚ ਕੀਤੀ ਗਈ। ਇਸ ਦੌਰਾਨ ਬੁਖਾਰ, ਖਾਂਸੀ, ਜ਼ੁਕਾਮ, ਈ.ਐਨ.ਟੀ ਦੇ ਰੋਗਾਂ, ਛਾਤੀ ਅਤੇ ਹੋਰਨਾਂ ਬਿਮਾਰੀਆਂ ਦਾ ਚੈੱਕਅਪ ਕੀਤਾ ਗਿਆ। ਇਸ ਦੌਰਾਨ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਨੇ ਡਾਕਟਰਾਂ ਦੀ ਟੀਮ ਦਾ ਧੰਨਵਾਦ ਕੀਤਾ। ਇਸ ਤੋਂ ਇਲਾਵਾ ਉਨ੍ਹਾਂ 13 ਮਈ 2023 ਨੂੰ ਜ਼ਿਲ੍ਹਾ ਪੱਧਰ ਅਤੇ ਸਬ-ਡਵੀਜ਼ਨ ਪੱਧਰ ’ਤੇ ਕਚਹਿਰੀਆਂ ਵਿਖੇ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਬਾਰੇ ਵੀ ਵਿਸਥਾਰ ਨਾਲ ਚਾਨਣਾ ਪਾਇਆ।
ਇਸ ਮੌਕੇ ਸੁਪਰਡੈਂਟ ਕੇਦਰੀ ਜੇਲ੍ਹ, ਹੁਸ਼ਿਆਰਪੁਰ ਅਨੁਰਾਗ ਕੁਮਾਰ ਆਜ਼ਾਦ, ਡਿਪਟੀ ਸੁਪਰਡੈਂਟ ਅੰਮ੍ਰਿਤਪਾਲ ਸਿੰਘ, ਸਰਬਜੀਤ ਸਿੰਘ ਅਤੇ ਹੋਰ ਪੁਲਿਸ ਅਧਿਕਾਰੀਆਂ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦੇ ਪਵਨ ਕੁਮਾਰ ਪੈਰਾ ਲੀਗਲ ਵਲੰਟੀਅਰ ਅਤੇ ਹੋਰ ਹਾਜ਼ਰ ਸਨ।