-ਏ.ਡੀ.ਸੀ ਅਮਰਬੀਰ ਕੌਰ ਭੁੱਲਰ ਦੀ ਪ੍ਰਧਾਨਗੀ ‘ਚ ਹੋਈ ਮੀਟਿੰਗ
ਹੁਸ਼ਿਆਰਪੁਰ, 24 ਦਸੰਬਰ : ਜ਼ਿਲ੍ਹਾ ਸਿਹਤ ਸੁਸਾਇਟੀ ਦੀ ਇਕ ਮਹੱਤਵਪੂਰਨ ਮੀਟਿੰਗ ਅੱਜ ਮਿੰਨੀ ਸਕੱਤਰੇਤ ‘ਚ ਸਥਿਤ ਅਸ਼ੋਕ ਚੱਕਰ ਮੀਟਿੰਗ ਹਾਲ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ (ਜ) ਹੁਸ਼ਿਆਰਪੁਰ ਅਮਰਬੀਰ ਕੌਰ ਭੁੱਲਰ ਨੇ ਕੀਤੀ, ਜਦ ਕਿ ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਵੀਰ ਕੁਮਾਰ ਨੇ ਮੀਟਿੰਗ ਦੀ ਅਗਵਾਈ ਕੀਤੀ। ਮੀਟਿੰਗ ਵਿੱਚ ਸਾਰੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਸੀਨੀਅਰ ਮੈਡੀਕਲ ਅਫ਼ਸਰ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।
ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਚਲਾਏ ਜਾ ਰਹੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਅਤੇ ਸਕੀਮਾਂ ਦੇ ਟੀਚਿਆਂ ਅਤੇ ਪ੍ਰਾਪਤੀਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਇਸ ਤੋਂ ਇਲਾਵਾ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ।
ਮੀਟਿੰਗ ਦੀ ਸ਼ੁਰੂਆਤ ਵਿੱਚ ਸਿਵਲ ਸਰਜਨ ਡਾ. ਬਲਵੀਰ ਕੁਮਾਰ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਨੇ 970 ਦੇ ਸ਼ਾਨਦਾਰ ਲਿੰਗ ਅਨੁਪਾਤ ਨਾਲ ਪੂਰੇ ਪੰਜਾਬ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ, ਜਿਸ ਲਈ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਵੱਲੋਂ ਜ਼ਿਲ੍ਹੇ ਨੂੰ ਵਿਸ਼ੇਸ਼ ਸਨਮਾਨ ਦਿੱਤਾ ਗਿਆ ਹੈ। ਇਸ ਪ੍ਰਾਪਤੀ ‘ਤੇ ਏ.ਡੀ.ਸੀ ਅਮਰਬੀਰ ਕੌਰ ਭੁੱਲਰ ਨੇ ਸਿਹਤ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਪੂਰੀ ਟੀਮ ਨੂੰ ਵਧਾਈ ਦਿੱਤੀ।
ਮੀਟਿੰਗ ਵਿੱਚ ਸਾਰੀਆਂ ਸਿਹਤ ਸੰਸਥਾਵਾਂ ਨੂੰ 100 ਫੀਸਦੀ ਟੀਕਾਕਰਨ ਯਕੀਨੀ ਬਣਾਉਣ ਅਤੇ ਟੀਕਾਕਰਨ ਨਾਲ ਸਬੰਧਤ ਪੂਰਾ ਰਿਕਾਰਡ ਆਨਲਾਈਨ ਅਪਲੋਡ ਕਰਨ ਦੇ ਨਿਰਦੇਸ਼ ਦਿੱਤੇ ਗਏ। ਇਸ ਦੇ ਨਾਲ ਹੀ ਪਰਿਵਾਰ ਨਿਯੋਜਨ, ਜੱਚਾ ਅਤੇ ਬਾਲ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ ਗਿਆ। ਆਮ ਆਦਮੀ ਕਲੀਨਿਕਾਂ ਵਿੱਚ ਗਰਭਵਤੀ ਔਰਤਾਂ ਦੀ ਨਿਯਮਤ ਮਾਸਿਕ ਸਿਹਤ ਜਾਂਚ, ਮਾਹਰ ਡਾਕਟਰਾਂ ਦੁਆਰਾ ਉੱਚ-ਜ਼ੋਖਿਮ ਵਾਲੇ ਮਾਮਲਿਆਂ ਦੀ ਜਾਂਚ ਅਤੇ ਗਰਭਵਤੀ ਔਰਤਾਂ ਨੂੰ ਤਰਜੀਹੀ ਆਧਾਰ ‘ਤੇ ਦਵਾਈਆਂ ਦੀ ਉਪਲਬੱਧਤਾ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ।
ਇਸ ਤੋਂ ਇਲਾਵਾ ਰੋਗੀ ਕਲਿਆਣ ਕਮੇਟੀਆਂ ਦੀਆਂ ਮੀਟਿੰਗਾਂ ਸਮੇਂ-ਸਮੇਂ ‘ਤੇ ਆਯੋਜਿਤ ਕਰਨ ਅਤੇ ਜਨਵਰੀ ‘ਚ ਸ਼ੁਰੂ ਹੋਣ ਵਾਲੀ 10 ਲੱਖ ਰੁਪਏ ਤੱਕ ਦੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਜ਼ਰੂਰੀ ਟੀਮਾਂ ਤਿਆਰ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ।
ਮੀਟਿੰਗ ਵਿੱਚ ਟੀ.ਬੀ ਕੰਟਰੋਲ ਪ੍ਰੋਗਰਾਮ, ਕੋੜ੍ਹ ਕੰਟਰੋਲ ਪ੍ਰੋਗਰਾਮ, ਤੰਬਾਕੂ ਕੰਟਰੋਲ ਪ੍ਰੋਗਰਾਮ, ਹੈਪੇਟਾਈਟਸ ਕੰਟਰੋਲ ਪ੍ਰੋਗਰਾਮ ਸਮੇਤ ਹੋਰ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਦੀ ਵੀ ਸਮੀਖਿਆ ਕੀਤੀ ਗਈ ਅਤੇ ਉਨ੍ਹਾਂ ਨੂੰ ਹੋਰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।
