ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਮਹੀਨਾਵਾਰ ਮੀਟਿੰਗਾਂ ਦੌਰਾਨ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਿਕਾਸ ਕੰਮਾਂ ਨੂੰ ਤੈਅ ਸਮੇਂ ਵਿਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਅਤੇ ਮੁਕੰਮਲ ਹੋ ਚੁੱਕੇ ਕੰਮਾਂ ਦੇ ਵਰਤੋਂ ਸਰਟੀਫਿਕੇਟ ਜਲਦ ਤੋਂ ਜਲਦ ਜਮ੍ਹਾਂ ਕਰਵਾਉਣ ਲਈ ਕਿਹਾ। ਇਸ ਦੌਰਾਨ ਉਨ੍ਹਾਂ ਸਵੱਛ ਭਾਰਤ ਮਿਸ਼ਨ, ਗਿੱਲੇ ਅਤੇ ਸੁੱਕੇ ਕੂੜੇ ਦੇ ਨਿਪਟਾਰੇ, ਪਲਾਸਟਿਕ ਵੇਸਟ ਮੈਨੇਜਮੈਂਟ, ਸਮਾਰਟ ਵਿਲੇਜ਼ ਮੁਹਿੰਮ, ਰੂਰਲ ਮਿਸ਼ਨ, ਨਾਬਾਰਡ ਸਕੀਮਾਂ, Çਲੰਕ ਸੜਕਾਂ, ਮਗਨਰੇਗਾ, ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਕਾਰਜਾਂ ਵਿਚ ਚੱਲ ਰਹੇ ਉਸਾਰੀ ਕਾਰਜਾਂ, ਜਲ ਜੀਵਨ ਮਿਸ਼ਨ-ਹਰ ਘਰ ਪਾਣੀ, ਸਵੱਛ ਭਾਰਤ-ਹਰ ਘਰ ਟੁਆਇਲਟ ਆਦਿ ਸਕੀਮਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਵਰ੍ਹਾ ਖਤਮ ਹੋਣ ਜਾ ਰਿਹਾ ਹੈ, ਇਸ ਲਈ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਚੱਲ ਰਹੇ ਕੰਮ ਜਲਦ ਤੋਂ ਜਲਦ ਨਿਪਟਾਏ ਜਾਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਦਲਜੀਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।