‘ਜਿੰਦਗੀ ਨੂੰ ਹਾਂ, ਨਸ਼ਿਆਂ ਨੂੰ ਨਾਂਹ’

Hoshiarpur

ਹੁਸ਼ਿਆਰਪੁਰ, 9 ਦਸੰਬਰ :

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਕਰਨ ਦੀਆਂ ਗਤੀਵਿਧੀਆਂ ਤਹਿਤ ਅੱਜ 5 ਕਿਲੋਮੀਟਰ ਲੰਬੀ ਵਾਕਾਥੋਨ ‘ਜ਼ਿੰਦਗੀ ਨੂੰ ਹਾਂ, ਨਸ਼ਿਆ ਨੂੰ ਨਾਂਹ’ ਦਾ ਆਯੋਜਨ ਕੀਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਪੁਲਿਸ ਲਾਈਨ ਹੁਸ਼ਿਆਰਪੁਰ ਤੋਂ ਸ਼ੁਰੂ ਕੀਤਾ ਗਿਆ ਇਹ ਮਾਰਚ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ‘ਚੋਂ ਹੁੰਦਾ ਹੋਇਆ ਮੁੜ ਪੁਲਿਸ ਲਾਈਨ ਵਿਖੇ ਸਮਾਪਤ ਹੋਇਆ | ਇਸ ਵਾਕਾਥੋਨ ਵਿਚ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ ਸਿੰਘ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐਸ.ਐਸ.ਪੀ ਸੁਰੇਂਦਰ ਲਾਂਬਾ ਦੀ ਅਗਵਾਈ ਵਿਚ ਵਿਦਿਆਰਥੀਆਂ, ਖਿਡਾਰੀਆਂ, ਯੂਥ ਕਲੱਬਾਂ ਦੇ ਮੈਂਬਰਾਂ, ਸਮਾਜ ਸੇਵੀਆਂ ਅਤੇ ਪੁਲਿਸ ਟ੍ਰੇਨਿੰਗ ਸੈਂਟਰ ਦੇ ਸਿਖਿਆਰਥੀਆਂ ਸਮੇਤ ਹਜ਼ਾਰਾਂ ਹੁਸ਼ਿਆਰਪੁਰ ਵਾਸੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਵਾਕਾਥੋਨ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੇ ਹੱਥਾਂ ਵਿਚ ਨਸ਼ਾ ਵਿਰੋਧੀ ਜਾਗਰੂਕਤਾ ਪਲੇਕਾਰਡ ਫੜ ਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਈ। ਇਸ ਤੋਂ ਪਹਿਲਾਂ ਵਿਦਿਆਰਥੀਆਂ ਵੱਲੋਂ ਨਸ਼ਿਆਂ ਵਿਰੁੱਧ ਸਕਿੱਟ, ਡਾਂਸ, ਕਵਿਤਾ ਅਤੇ ਹੋਰ ਪ੍ਰੋਗਰਾਮ ਪੇਸ਼ ਕੀਤੇ ਗਏ, ਜਿਨ੍ਹਾਂ ਨੂੰ ਮੁੱਖ ਮਹਿਮਾਨ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਵਾਕਾਥੋਨ ਦੀ ਸ਼ੁਰੂਆਤ ਤੋਂ ਪਹਿਲਾਂ ਮੁੱਖ ਮਹਿਮਾਨਾਂ, ਵਿਦਿਆਰਥੀਆਂ, ਪੁਲਿਸ ਸਿਖਲਾਈ ਕੇਂਦਰ ਦੇ ਸਿਖਿਆਰਥੀਆਂ, ਯੂਥ ਕਲੱਬਾਂ ਦੇ ਮੈਂਬਰਾਂ ਅਤੇ ਸ਼ਹਿਰ ਵਾਸੀਆਂ ਨੇ ਨਸ਼ਿਆਂ ਦੇ ਖਾਤਮੇ ਲਈ ਇਕਮੁੱਠ ਹੋ ਕੇ ਸਹੁੰ ਚੁੱਕੀ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਹਾਜ਼ਰੀ ਵਿਚ ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਆਪਣੇ ਸੰਕਲਪ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਤੋਂ ਜ਼ਿਲ੍ਹਾ ਪੱਧਰ ਤੱਕ ਨਸ਼ਿਆਂ ਦੇ ਖਾਤਮੇ ਦਾ ਬਿਗਲ ਵਜਾ ਦਿੱਤਾ ਹੈ ਅਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਾਸੀਆਂ ਨੇ ਜਿਸ ਉਤਸ਼ਾਹ ਨਾਲ ਨਸ਼ਿਆਂ ਵਿਰੁੱਧ ਕਰਵਾਈ ਇਸ ਵਾਕਾਥੋਨ ਵਿਚ ਸ਼ਮੂਲੀਅਤ ਕੀਤੀ ਹੈ, ਉਸ ਦੇ ਸਾਰਥਕ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸਮੂਹ ਅਧਿਕਾਰੀ ਅਤੇ ਕਰਮਚਾਰੀ ਦਿਨ- ਰਾਤ ਇਕ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਆਸ ਹੈ ਕਿ ਅਸੀਂ ਮਿਲ ਕੇ ਮੁੱਖ ਮੰਤਰੀ ਦੇ ‘ਰੰਗਲੇ ਪੰਜਾਬ’ ਦੇ ਸੁਪਨੇ ਨੂੰ ਜਲਦੀ ਸਾਕਾਰ ਕਰਾਂਗੇ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੀ ਮੁਕੰਮਲ ਰੋਕਥਾਮ ਲਈ ਜ਼ਿਲ੍ਹਾ ਵਾਸੀਆਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ ‘ਤੇ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਅਤੇ ਨਸ਼ਿਆਂ ਦੀ ਦਲਦਲ ‘ਚ ਫਸੇ ਲੋਕਾਂ ਦੇ ਇਲਾਜ ਲਈ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ‘ਚ ਦਾਖ਼ਲ ਕਰਵਾ ਕੇ ਉਨ੍ਹਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਵਿਅਕਤੀਆਂ ਦੇ ਇਲਾਜ ਉਪਰੰਤ ਮੁੜ ਵਸੇਬੇ ਲਈ ਵੀ ਵੱਖ-ਵੱਖ ਸਕੀਮਾਂ ‘ਤੇ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਸਿਹਤਯਾਬ ਹੋਣ ਉਪਰੰਤ ਇਨ੍ਹਾਂ ਨੂੰ ਮੁੱਖ ਧਾਰਾ ਨਾਲ ਜੋੜਿਆ ਜਾ ਸਕੇ।

ਐਸ.ਐਸ.ਪੀ ਸੁਰਿੰਦਰ ਲਾਂਬਾ ਨੇ ਕਿਹਾ ਕਿ ਹੁਸ਼ਿਆਰਪੁਰ ਪੁਲਿਸ ਨਸ਼ੇ ਦੇ ਮੁਕੰਮਲ ਖ਼ਾਤਮੇ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਪੁਲਿਸ ਥਾਣਾ ਪੱਧਰ ‘ਤੇ ਨਸ਼ਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ‘ਤੇ ਸ਼ਿਕੰਜਾ ਕਸਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਦੀ ਇਸ ਮੁਹਿੰਮ ਵਿਚ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਅਤੇ ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਨਸ਼ਿਆਂ ਦੇ ਕਾਰੋਬਾਰ ਬਾਰੇ ਪੁਲਿਸ ਨੂੰ ਸੂਚਨਾ ਦੇਣ ਵਾਲੇ ਵਿਅਕਤੀਆਂ ਦੇ ਨਾਮ ਗੁਪਤ ਰੱਖੇ ਜਾਣਗੇ ਅਤੇ ਇਸ ਵਿਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਆਮ ਆਦਮੀ ਪਾਰਟੀ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ, ਐਸ.ਪੀ ਮਨਜੀਤ ਕੌਰ, ਐਸ.ਪੀ ਸਰਬਜੀਤ ਸਿੰਘ ਬਾਹੀਆ, ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਸਿਵਲ ਸਰਜਨ ਡਾ: ਬਲਵਿੰਦਰ ਕੁਮਾਰ ਡਮਾਣਾ, ਐਸ.ਐਮ.ਓ. ਡਾ. ਸਵਾਤੀ, ਡੀ.ਐਸ.ਪੀ ਪਲਵਿੰਦਰ ਸਿੰਘ, ਸਹਾਇਕ ਡਾਇਰੈਕਟ ਯੁਵਕ ਸੇਵਾਵਾਂ ਪ੍ਰੀਤ ਕੋਹਲੀ, ਰਾਜੇਸ਼ਵਰ ਦਿਆਲ ਬੱਬੀ, ਵਰਿੰਦਰ ਸ਼ਰਮਾ ਬਿੰਦੂ, ਐਡਵੋਕੇਟ ਅਮਰਜੋਤ ਸੈਣੀ, ਕੌਂਸਲਰ ਜਸਪਾਲ ਸਿੰਘ ਚੇਚੀ, ਮੁਖੀ ਰਾਮ, ਪ੍ਰਦੀਪ ਬਿੱਟੂ, ਮੀਨਾ ਸ਼ਰਮਾ, ਵਰਿੰਦਰ ਵੈਦ, ਸੁਮੇਸ਼ ਸੋਨੀ ਤੋਂ ਇਲਾਵਾ ਹੋਰ ਪਤਵੰਤੇ  ਹਾਜ਼ਰ ਸਨ।

Leave a Reply

Your email address will not be published. Required fields are marked *