ਫਗਵਾੜਾ 9 ਅਕਤੂਬਰ (ਸ਼ਿਵ ਕੋੜਾ) ਸ਼ਹਿਰ ਦੇ ਸਾਬਕਾ ਮੇਅਰ ਅਤੇ ਸੀਨੀਅਰ ਭਾਜਪਾ ਆਗੂ ਅਰੁਣ ਖੋਸਲਾ ਨੇ ਜ਼ਿਲ੍ਹਾ ਕਪੂਰਥਲਾ ਦੇ ਨਵ-ਨਿਯੁਕਤ ਐਸ.ਐਸ.ਪੀ ਮੈਡਮ ਵਤਸਲਾ ਗੁਪਤਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਗੁਲਦਸਤਾ ਭੇਂਟ ਕਰਕੇ ਆਪਣੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਦੇ ਨਾਲ ਜਿਲ੍ਹਾ ਭਾਜਪਾ ਸਕੱਤਰ ਨਿਤਿਨ ਚੱਢਾ ਨੇ ਵੀ ਨਿਯੁਕਤੀ ਦਾ ਸਵਾਗਤ ਕੀਤਾ। ਸਾਬਕਾ ਮੇਅਰ ਖੋਸਲਾ ਨੇ ਐਸਐਸਪੀ ਨੂੰ ਫਗਵਾੜਾ ਦੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੀ ਰੋਕਥਾਮ ਸਬੰਧੀ ਸੁਝਾਅ ਦਿੱਤੇ। ਐਸ.ਐਸ.ਪੀ ਵਤਸਲਾ ਗੁਪਤਾ ਨੇ ਭਰੋਸਾ ਦਿੱਤਾ ਕਿ ਫਗਵਾੜਾ ਅਤੇ ਕਪੂਰਥਲਾ ਸਮੇਤ ਪੂਰੇ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਨੂੰ ਸੁਚਾਰੂ ਬਣਾਇਆ ਜਾਵੇਗਾ। ਸਾਰੇ ਥਾਣਾ ਇੰਚਾਰਜਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ। ਜ਼ਿਲ੍ਹਾ ਪੁਲੀਸ ਵੱਲੋਂ ਨਸ਼ਿਆਂ ਦੇ ਸੌਦਾਗਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਐਸ.ਐਸ.ਪੀ ਨੇ ਆਮ ਲੋਕਾਂ ਨੂੰ ਵੀ ਪੁਰਜ਼ੋਰ ਅਪੀਲ ਕੀਤੀ ਕਿ ਉਹ ਨਸ਼ੇ ਦੇ ਸੌਦਾਗਰਾਂ ਬਾਰੇ ਪੁਲਿਸ ਨੂੰ ਸੂਚਨਾ ਦੇਣ ਅਤੇ ਘਰ ਵਿੱਚ ਜੇਕਰ ਕੋਈ ਵਿਅਕਤੀ ਨਸ਼ੇ ਦੀ ਲਤ ਦਾ ਸ਼ਿਕਾਰ ਹੈ ਤਾਂ ਉਸਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾ ਕੇ ਇਲਾਜ ਕਰਵਾਇਆ ਜਾਵੇ। ਉਹਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਜ਼ਿਲ੍ਹੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਇਆ ਜਾ ਸਕਦਾ ਹੈ। ਚੋਰੀ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਬਾਰੇ ਐਸ.ਐਸ.ਪੀ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕਿਸੇ ਵੀ ਤਰ੍ਹਾਂ ਦੇ ਅਪਰਾਧ ਲਈ ਕੋਈ ਥਾਂ ਨਹੀਂ ਹੈ। ਲੋਕਾਂ ਦੀ ਸੁਰੱਖਿਆ ਪੁਲਿਸ ਦੀ ਪਹਿਲੀ ਜ਼ਿੰਮੇਵਾਰੀ ਰਹੇਗੀ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਬਲਾਕਾਂ ਦੇ ਐਸਪੀਜ਼, ਡੀ.ਐਸਪੀਜ਼ ਅਤੇ ਸਟੇਸ਼ਨ ਹਾਊਸ ਅਫ਼ਸਰਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਗੱਲ ਵੀ ਕਹੀ।