74ਵੇਂ ਗਣਤੰਤਰ ਦਿਵਸ ਮੌਕੇ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ

Punjab

ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਅੱਜ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 74ਵੇਂ ਗਣਤੰਤਰ ਦਿਵਸ ਮੌਕੇ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਵਿੱਚ ਸ਼ਿਰਕਤ ਕੀਤੀ ਗਈ।
ਫੁੱਲ ਡਰੈੱਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਕਮਾਂਡਰ ਨੌਜਵਾਨ ਆਈ.ਪੀ.ਐਸ. ਅਧਿਕਾਰੀ ਮਨਿੰਦਰ ਸਿੰਘ ਦੀ ਅਗਵਾਈ ਵਾਲੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮਹੱਤਵਪੂਰਨ ਸਮਾਗਮ, ਜਿਸ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤਿਰੰਗਾ ਲਹਿਰਾਉਣਗੇ, ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਫੋਰਸਾਂ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਸੂਬਾ ਪੱਧਰੀ ਸਮਾਗਮ ਨੂੰ ਪੂਰੀ ਸਦਭਾਵਨਾ ਤੇ ਉਤਸ਼ਾਹ ਨਾਲ ਮਨਾਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਇਸ ਅਹਿਮ ਦਿਨ ਨੂੰ ਦੇਸ਼ ਭਗਤੀ ਦੀ ਭਾਵਨਾ ਅਤੇ ਰਾਸ਼ਟਰਵਾਦੀ ਜੋਸ਼ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਮਾਗਮ ਦੇ ਪੁਖ਼ਤਾ ਇੰਤਜ਼ਾਮ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਪਹਿਲਾਂ ਹੀ ਡਿਊਟੀਆਂ ਸੌਂਪੀਆਂ ਜਾ ਚੁੱਕੀਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਪਰੇਡ ਵਿੱਚ ਆਈ.ਟੀ.ਬੀ.ਪੀ., ਆਰ.ਏ.ਐਫ., ਪੀ.ਏ.ਸੀ., ਕਮਿਸ਼ਨਰੇਟ ਪੁਲਿਸ, ਕਮਿਸ਼ਨਰੇਟ ਪੁਲਿਸ ਮਹਿਲਾ ਵਿੰਗ, ਆਰ.ਟੀ.ਸੀ. ਪੀ.ਏ.ਪੀ.,ਪੰਜਾਬ ਹੋਮ ਗਾਰਡਜ਼ ਦੀਆਂ ਟੁੱਕੜੀਆਂ, ਐਨ.ਸੀ.ਸੀ. ਕੈਡਿਟਸ, ਐਨ.ਸੀ.ਸੀ. ਲੜਕੀਆਂ ਅਤੇ ਸਕਾਊਟਸ ਸ਼ਾਮਲ ਹੋਣਗੇ ਅਤੇ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਕੀਤੇ ਸ਼ਲਾਘਾਯੋਗ ਕਾਰਜਾਂ ਦੀ ਪੇਸ਼ਕਾਰੀ ਕਰਦੀਆਂ ਝਾਕੀਆਂ ਕੱਢੀਆਂ ਜਾਣਗੀਆਂ। ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਦੇਣ ਵਾਲੀਆਂ ਸ਼ਖਸੀਅਤਾਂ ਦਾ ਸਨਮਾਨ ਕਰਨ ਦੇ ਨਾਲ-ਨਾਲ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਟਰਾਈ ਸਾਈਕਲਾਂ ਦੀ ਵੰਡ ਕਰਨਗੇ। ਇਸ ਤੋਂ ਇਲਾਵਾ ਸਕੂਲੀ ਬੱਚਿਆਂ ਵੱਲੋਂ ਪੀ.ਟੀ.ਸ਼ੋਅ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਵੰਨਗੀਆਂ ਦੀ ਪੇਸ਼ਕਾਰੀ ਕੀਤੀ ਜਾਵੇਗੀ।
ਇਸ ਮੌਕੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ ਅਤੇ ਹੋਰ ਅਧਿਕਾਰੀ ਮੌਜੂਦ ਸਨ।

Leave a Reply

Your email address will not be published. Required fields are marked *