ਚੰਡੀਗੜ੍ਹ, 10 ਮਾਰਚ: ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਸੂਬੇ ਦੇ ਬਜਟ ਨੂੰ ਪੂਰੀ ਤਰ੍ਹਾਂ ਨਿਰਾਸ਼ਾਜਨਕ ਕਰਾਰ ਦਿੰਦਿਆਂ, ਸੂਬੇ ਦੀ ਭਗਵੰਤ ਮਾਨ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਸ਼ੇਰਗਿੱਲ ਨੇ ਕਿਹਾ ਕਿ ਬਜਟ ਵਿੱਚ ਆਮਦਨ ਦੇ ਨਵੇਂ ਸਰੋਤਾਂ ਦਾ ਕੋਈ ਜ਼ਿਕਰ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਵਿਗੜ ਰਹੀ ਵਿੱਤੀ ਹਾਲਤ ਨੂੰ ਦੇਖਦਿਆਂ ਫੌਰੀ ਕਦਮ ਚੁੱਕਣ ਦੀ ਲੋੜ ਹੈ, ਪਰ ਮੰਦਭਾਗੀ ਗੱਲ ਹੈ ਕਿ ਸੂਬੇ ਦੀ ਨਿਘਰ ਰਹੀ ਆਰਥਿਕਤਾ ਨੂੰ ਲੀਹ ’ਤੇ ਲਿਆਉਣ ਲਈ ਬਜਟ ਵਿੱਚ ਕੋਈ ਠੋਸ ਉਪਾਅ ਨਹੀਂ ਕੀਤੇ। ਸ਼ੇਰਗਿੱਲ ਨੇ ਕਿਹਾ ਕਿ ਸੂਬੇ ਨੂੰ ਕਰਜ਼ਾ ਮੁਕਤ ਕਰਨ ਲਈ ਬਜਟ ਵਿੱਚ ਕੋਈ ਰਣਨੀਤੀ ਪੇਸ਼ ਨਹੀਂ ਕੀਤੀ ਗਈ, ਜੋ ਚਿੰਤਾ ਦਾ ਵਿਸ਼ਾ ਹੈ। ਜੇਕਰ ਬਜਟ ‘ਤੇ ਡੂੰਘਾਈ ਨਾਲ ਵਿਚਾਰ ਕੀਤਾ ਜਾਵੇ ਤਾਂ ਪਤਾ ਚੱਲਦਾ ਹੈ ਕਿ ਇਹ ਬਜਟ ਅਸਲ ‘ਚ ਪੰਜਾਬ ਨੂੰ ਰਿਵਰਸ ਗੀਅਰ ‘ਤੇ ਪਾ ਦਿੰਦਾ ਹੈ, ਜਿਸਦੇ ਸਟੀਅਰਿੰਗ ‘ਤੇ ਭਗਵੰਤ ਮਾਨ ਸੁੱਤੇ ਪਏ ਹਨ। ਭਾਜਪਾ ਦੇ ਬੁਲਾਰੇ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਖਾਸ ਕਰਕੇ ਔਰਤਾਂ ਨੂੰ ਬਜਟ ਤੋਂ ਕਾਫੀ ਨਿਰਾਸ਼ਾ ਹੋਈ ਹੈ। ਸ਼ੇਰਗਿੱਲ ਨੇ ਕਿਹਾ ਕਿ ਜਿਸ ਤਰ੍ਹਾਂ ਲਗਾਤਾਰ ਦੂਜੇ ਬਜਟ ਵਿੱਚ 18 ਸਾਲ ਦੀ ਉਮਰ ਪਾਰ ਕਰ ਚੁੱਕੀਆਂ ਸੂਬੇ ਦੀਆਂ 1.3 ਕਰੋੜ ਯੋਗ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਲਈ ਫੰਡ ਮੁਹੱਈਆ ਨਹੀਂ ਕਰਵਾਏ ਗਏ, ਇਹ ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਣ ਤੋਂ ਪਹਿਲਾਂ ਕੀਤੇ ਝੂਠੇ ਵਾਅਦਿਆਂ ਨੂੰ ਦਰਸਾਉਂਦਾ ਹੈ। ਇਸੇ ਤਰ੍ਹਾਂ ਖੇਤੀਬਾੜੀ ਸੈਕਟਰ ਬਾਰੇ ਸ਼ੇਰਗਿੱਲ ਨੇ ਕਿਹਾ ਕਿ ਆਲੂ, ਟਮਾਟਰ ਅਤੇ ਫੁੱਲ ਗੋਭੀ ਵਰਗੀਆਂ ਕੁਝ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਬਾਰੇ ਕੋਈ ਐਲਾਨ ਨਹੀਂ ਕੀਤਾ ਗਿਆ। ਉਦਯੋਗਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰਨ ‘ਤੇ ਸਰਕਾਰ ‘ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਪੰਜਾਬ ਦੇ ਉਦਯੋਗਾਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦਾ ਕੀਤਾ ਗਿਆ ਵਾਅਦਾ ਇਕ ਵਾਰ ਵੀ ਪੂਰਾ ਨਹੀਂ ਹੋਇਆ। ਜਦੋਂ ਕਿ ਉਦਯੋਗਾਂ ਸਬੰਧੀ ਸਿਰਫ਼ ਖੋਖਲੇ ਐਲਾਨ ਹੀ ਕੀਤੇ ਗਏ ਹਨ। ਆਪ ਸਰਕਾਰ ‘ਤੇ ਵਰ੍ਹਦਿਆਂ ਭਾਜਪਾ ਆਗੂ ਨੇ ਕਿਹਾ ਕਿ ਆਪ ਸਰਕਾਰ ਨੇ ਪੰਜਾਬ ਨਾਲ ਧੋਖਾ ਕੀਤਾ ਹੈ ਅਤੇ ਉਨ੍ਹਾਂ ਦੀ ਪਿੱਠ ‘ਚ ਛੁਰਾ ਮਾਰਿਆ ਹੈ। ਆਪ ਸਰਕਾਰ ਨੇ ਕਿਸਾਨਾਂ, ਉਦਯੋਗਾਂ, ਔਰਤਾਂ, ਨੌਜਵਾਨਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਨੂੰ ਨਿਰਾਸ਼ ਕੀਤਾ ਹੈ। ਸ਼ੇਰਗਿੱਲ ਨੇ ਕਿਹਾ ਕਿ ਅੱਜ ਦੇ ਬਜਟ ਵਿੱਚ ਵੱਖ-ਵੱਖ ਵਰਗਾਂ ਲਈ ਕੀਤੇ ਗਏ ਐਲਾਨ ਸਿਰਫ ਅੱਖਾਂ ਦਾ ਭੁਲੇਖਾ ਹਨ। ਆਪ ਸਰਕਾਰ ਪਿਛਲੇ ਬਜਟ ‘ਚ ਕੀਤੇ ਵੱਡੇ-ਵੱਡੇ ਵਾਅਦੇ ਪੂਰੇ ਕਰਨ ‘ਚ ਵੀ ਬੁਰੀ ਤਰ੍ਹਾਂ ਨਾਕਾਮ ਰਹੀ ਹੈ।
Continue Reading